ਪੰਜਾਬ ਵਿੱਚ ਘੱਟ ਗਿਣਤੀਆਂ ਨੂੰ ਜਾਤੀ ਸਰਟੀਫਿਕੇਟ ਅਤੇ ਵਜ਼ੀਫੇ ਨਾ ਮਿਲਣ ਦਾ ਚੁੱਕਿਆ ਮੁੱਦਾ
ਲੁਧਿਆਣਾ : ਕੌਮੀ ਕਨਵੀਨਰ ਕੁਲਹਿੰਦ ਕਾਂਗਰਸ ਘੱਟ ਗਿਣਤੀ ਵਿਭਾਗ ਦੇ ਆਗੂ ਮੁਹੰਮਦ ਗੁਲਾਬ ਨੇ ਦਿੱਲੀ ਵਿੱਖੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਪੰਜਾਬ ਦੀਆਂ ਘੱਟ ਗਿਣਤੀਆਂ ਦੀਆਂ ਸਮੱਸਿਆਵਾਂ ਨੂੰ ਉਠਾਇਆ । ਉਨ੍ਹਾਂ ਲਾਲਪੁਰਾ ਨੂੰ ਦੱਸਿਆ ਕਿ ਪੰਜਾਬ ਵਿੱਚ ਰਹਿ ਰਹੇ ਮੁਸਲਮਾਨਾਂ, ਇਸਾਈਆਂ, ਜੈਨੀਆਂ, ਬੋਧੀਆਂ ਸਮੇਤ ਘੱਟ ਗਿਣਤੀਆਂ ਨੂੰ ਆਪਣੇ ਜਾਤੀ ਸਰਟੀਫਿਕੇਟ ਬਣਾਉਣ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੇਂਦਰ ਸਰਕਾਰ ਦੇ ਘੱਟ ਗਿਣਤੀ ਵਿਭਾਗ ਵੱਲੋਂ ਵੀ ਉਨ੍ਹਾਂ ਨੂੰ ਵਜ਼ੀਫ਼ੇ ਦੇ ਫੰਡ ਨਹੀਂ ਮਿਲ ਰਹੇ ਹਨ , ਜਿਸ ਕਾਰਨ ਪੰਜਾਬ ਵਿੱਚ ਸਕੂਲਾਂ ਵਿੱਚ ਪੜ੍ਹਦੇ ਬੱਚੇ-ਬੱਚੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਮੁਹੰਮਦ ਗੁਲਾਬ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਦੀਆਂ ਘੱਟ ਗਿਣਤੀਆਂ ਨੂੰ ਵਿਸ਼ੇਸ਼ ਰਿਆਇਤਾਂ ਦੇਵੇ ਅਤੇ ਬੇਘਰੇ ਲੋਕਾਂ ਨੂੰ ਘਰ ਮੁਹੱਈਆ ਕਰਵਾ ਕੇ ਉੱਚ ਸਿੱਖਿਆ ਲਈ ਵਿਆਜ ਮੁਕਤ ਕਰਜ਼ੇ ਦੇਵੇ । ਮੁਹੰਮਦ ਗੁਲਾਬ ਦੀ ਮੰਗ ’ਤੇ ਚੇਅਰਮੈਨ ਲਾਲਪੁਰਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਘੱਟ ਗਿਣਤੀਆਂ ਦਾ ਪੂਰਾ ਖਿਆਲ ਰੱਖਦੀ ਹੈ ਅਤੇ ਸਾਰੇ ਨਾਗਰਿਕਾਂ ਨੂੰ ਉਨ੍ਹਾਂ ਦੇ ਹੱਕ ਸਮੇਂ ਸਿਰ ਦਿੱਤੇ ਜਾਂਦੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀਆਂ ਨਾਲ ਧੱਕਾ ਕਰ ਰਹੀ ਹੈ ਅਤੇ ਕੇਂਦਰ ਵੱਲੋਂ ਦਿੱਤੇ ਜਾ ਰਹੇ ਫੰਡ ਵੀ ਲੋੜਵੰਦਾਂ ਨੂੰ ਨਹੀਂ ਦੇ ਪਾ ਰਹੀ ਹੈ ! ਇਕਬਾਲ ਸਿੰਘ ਲਾਲਪੁਰਾ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਦਿੱਤੇ ਜਾਨ ਵਾਲੇ ਫੰਡਾਂ ਦਾ ਸਾਰਾ ਰਿਕਾਰਡ ਪੰਜਾਬ ਸਰਕਾਰ ਤੋਂ ਮੰਗਿਆ ਜਾਵੇਗਾ ਅਤੇ ਘੱਟ ਗਿਣਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ।