– ਕੈਬਨਿਟ ਮੰਤਰੀ ਧਾਲੀਵਾਲ ਨੇ ਨਵਨਿਯੁਕਤ ਹੋਏ ਕਰਮਚਾਰੀਆਂ ਨੂੰ ਦਿੱਤੀ ਵਧਾਈ
– ਡਾ ਰਵਜੋਤ ਸਿੰਘ ਅਤੇ ਧਾਲੀਵਾਲ ਨੇ ਬੀ.ਆਰ.ਟੀ.ਐਸ ਦੀ ਬੱਸ ਵਿੱਚ ਕੀਤਾ ਸਫ਼ਰ
ਚੰਡੀਗੜ੍ਹ/ਅੰਮ੍ਰਿਤਸਰ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੇ ਗਏ ਰੋਜ਼ਗਾਰ ਮਿਸ਼ਨ ਤਹਿਤ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਡਾ ਰਵਜੋਤ ਸਿੰਘ ਨੇ ਨਗਰ ਨਿਗਮ ਦਫ਼ਤਰ ਵਿਖੇ 85 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪਣ ਉਪਰੰਤ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਦੇ ਹੋਰ ਮੌਕੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕਰੀਬ 51000 ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁਕੀਆਂ ਹਨ।
ਡਾ. ਰਵਜੋਤ ਸਿੰਘ ਨੇ ਨਿਯੁਕਤੀ ਪੱਤਰ ਦਿੰਦੇ ਹੌਏ ਕਰਮਚਾਰੀਆਂ ਨੂੰ ਕਿਹਾ ਕਿ ਤੁਸੀਂ ਇਸ ਸਰਕਾਰ ਦਾ ਹਿੱਸਾ ਬਣ ਗਏ ਹੋ ਅਤੇ ਤੁਸੀਂ ਹੁਣ ਪੰਜਾਬ ਦੀ ਸਮਾਜਿਕ ਅਤੇ ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਂਣੀ ਹੈ। ਉਨਾਂ ਕਿਹਾ ਕਿ ਸਖ਼ਤ ਮਿਹਨਤ ਅਤੇ ਜੀਵਨ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਾ ਚਾਹੀਦਾ ਹੈ ਤਾਂ ਹੀ ਅਸੀਂ ਜੀਵਨ ਵਿੱਚ ਆਪਣੇ ਮਿੱਥੇ ਟੀਚੇ ਨੂੰ ਪ੍ਰਾਪਤ ਕਰ ਸਕਦੇ ਹਾਂ। ਉਨਾਂ ਨਵ ਨਿਯੁਕਤ ਕਰਮਚਾਰੀਆਂ ਨੂੰ ਕਿਹਾ ਕਿ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀ ਨੌਕਰੀ ਕਰਨ। ਡਾ. ਰਵਜੋਤ ਨੇ ਕਿਹਾ ਕਿ ਇਹ ਨੌਕਰੀਆਂ ਬਿਨਾਂ ਕਿਸੇ ਸਿਫਾਰਸ਼, ਭੇਦਭਾਵ , ਵੱਡੀ ਅਤੇ ਭਾਈ ਭਤੀਜਾਵਾਦ ਰਹਿਤ ਦਿੱਤੀਆਂ ਹਨ। ਉਨਾਂ ਕਿਹਾ ਕਿ ਨੌਕਰੀਆਂ ਕੇਵਲ ਯੋਗਤਾ ਦੇ ਆਧਾਰ ਤੇ ਹੀ ਦਿੱਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਮਿਸ਼ਨ ਰੋਜਗਾਰ ਤਹਿਤ ਸਥਾਨਕ ਸਰਕਾਰਾਂ ਵਿਭਾਗ ਵਿੱਚ 1255 ਕਰਮਚਾਰੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਇਸੇ ਹੀ ਲੜ੍ਹੀ ਤਹਿਤ ਇਹ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨਾਂ ਉਮੀਦ ਜਤਾਈ ਕਿ ਨਵੀਂ ਭਰਤੀ ਹੋਏ ਕਰਮਚਾਰੀ ਆਪਣੀ ਕਲਮ ਦੀ ਵਰਤੋ ਸਮਾਜ ਦੇ ਲੋੜਵੰਦ ਅਤੇ ਪਿਛੜੇ ਵਰਗਾਂ ਦੀ ਮਦਦ ਲਈ ਕਰਨਗੇ।
ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਵਲੋਂ 19 ਕਾਰਜ ਸਾਧਕ ਅਫ਼ਸਰਾਂ , 18 ਡਰਾਈਵਰ /ਓਪਰੇਟਰ ਅਤੇ 48 ਸਫਾਈ ਸੇਵਕਾਂ, ਸੇਵਾਦਾਰਾਂ ਅਤੇ ਬੇਲਦਾਰਾਂ ਨੂੰ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ।
ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਇਸ ਪਵਿੱਤਰ ਸ਼ਹਿਰ ਵਿੱਚ ਨਿੱਯੁਕਤ ਹੋਏ ਹੋ, ਜਿਥੇ ਰੋਜਾਨਾ 1.25 ਲੱਖ ਸ਼ਰਧਾਲੂ ਆਉਂਦੇ ਹਨ ਅਤੇ ਤੁਹਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਇਸ ਸ਼ਹਿਰ ਨੂੰ ਸਾਫ਼ ਸੁਥਰਾ ਪਾਣੀ ਅਤੇ ਸਾਫ਼ ਰੱਖਣ ਲਈ ਮਿਹਨਤ ਕਰੀਏ। ਉਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਸੀਂ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਚਲਾਏ ਜਾ ਰਹੇ ਰੋਜ਼ਗਾਰ ਮਿਸ਼ਨ ਤਹਿਤ ਹਰੇਕ ਵਿਭਾਗ ਵਿੱਚ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਪੂਰੀ ਭਰਤੀ ਪ੍ਰਕਿਰਿਆ ਲਈ ਨਿਰਪਖ ਵਿਧੀ ਅਪਣਾਈ ਗਈ ਹੈ ਅਤੇ ਕੇਵਲ ਤੇ ਕੇਵਲ ਯੋਗਤਾ ਦੇ ਆਧਾਰ ਤੇ ਹੀ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਸਮਾਗਮ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ , ਕੈਬਨਿਟ ਮੰਤਰੀ ਧਾਲੀਵਾਲ, ਅਤੇ ਕਮਿਸ਼ਨਰ ਨਗਰ ਨਿਗਮ ਸ੍ਰੀ ਗੁਲਪ੍ਰੀਤ ਸਿੰਘ ਨੇ ਯੂਨੀਵਰਸਿਟੀ ਤੋਂ ਲੈ ਕੇ ਭੰਡਾਰੀ ਪੁੱਲ ਤੱਕ ਬੀ.ਆਰ.ਟੀ.ਐਸ ਬਸ ਰਾਹੀਂ ਸਫ਼ਰ ਕੀਤਾ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਜਲਦੀ ਹੀ ਬੀ.ਅਰ.ਟੀ.ਐਸ. ਬਸਾਂ ਦੀ ਗਿਣਤੀ ਨੂੰ ਹੋਰ ਵਧਾਇਆ ਜਾਵੇਗਾ। ਉਨਾਂ ਕਿਹਾ ਕਿ ਸਰਕਾਰ ਪਾਸ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨਾਂ ਕਿਹਾ ਕਿ ਬੀ.ਆਰ.ਟੀ.ਐਸ ਬਸਾਂ ਨੂੰ ਚਲਾਉਣ ਸਰਕਾਰ ਕੋਲ ਯੋਗ ਫੰਡਜ ਉਪਲਬਧ ਹਨ। ਇਹਨਾਂ ਬਸਾਂ ਨੂੰ ਚਲਾਉਣ ਵਿੱਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਿਧਾਇਕ ਅਜੈ ਗੁਪਤਾ, ਵਿਧਾਇਕ ਸ: ਜਸਬੀਰ ਸਿੰਘ, ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਵਿਧਾਇਕਾ ਜੀਵਨਜੋਤ ਕੌਰ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸ੍ਰੀ ਮੁਨੀਸ਼ ਅਗਰਵਾਲ, ਸ੍ਰੀ ਰਵਿੰਦਰ ਹੰਸ, ਐਕਸੀਐਨ ਸੰਦੀਪ ਸਿੰਘ, ਡਾ. ਕਿਰਨਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।