ਫਿਲੌਰ (ਰਵੀ ਕੁਮਾਰ) :ਸਥਾਨਕ ਗੁਰਦੁਆਰਾ ਤਖਤਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾਂ ਦਾ ਗੁਣਗਾਨ ਕੀਤਾ। ਨਗਰ ਕੀਰਤਨ ਦੌਰਾਨ ਰਾਗੀ ਅਤੇ ਢਾਡੀ ਜਥਿਆਂ ਵੱਲੋਂ ਕੀਰਤਨ ਅਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸ਼ਹਿਰ ਵਾਸੀਆਂ ਵੱਲੋਂ ਨਗਰ ਕੀਰਤਨ ‘ਚ ਸ਼ਾਮਲ ਸੰਗਤਾਂ ਲਈ ਵੱਖ-ਵੱਖ ਥਾਵਾਂ ‘ਤੇ ਵੱਖ-ਵੱਖ ਤਰ੍ਹਾਂ ਦੇ ਲੰਗਰ ਵਰਤਾਇਆ ਗਿਆ। ਇਸ ਮੌਕੇ ਟਰਾਲੀਆਂ ਵਿੱਚ ਸਜਾਈਆਂ ਗੁਰੂਆਂ ਦੇ ਇਤਿਹਾਸ ਨਾਲ ਸਬੰਧਤ ਝਾਕੀਆਂ ਖਿੱਚ ਦਾ ਕੇਂਦਰ ਸਨ। ਇਸ ਮੌਕੇ ਗੁਰਦੁਆਰਾ ਤਖਤਗੜ੍ਹ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਦੀਪ ਸਿੰਘ ਦੁਸਾਂਝ, ਗੁਰਦੇਵ ਸਿੰਘ, ਗੁਰਮੀਤ ਸਿੰਘ ਅਤੇ ਹੋਰਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਪ੍ਰਮੁੱਖ ਵਿਅਕਤੀਆਂ ਨੂੰ ਸਿਰੋਪਾਓ ਅਤੇ ਸਨਮਾਨਿਤ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।